ਮੁਬੰਈ ‘ਚ ਇੱਕ ਓਵਰ ਬ੍ਰਿਜ ਢੇਹ ਢੇਰੀ, 6 ਲੋਕਾਂ ਦੀ ਮੌਤ, ਕਈ ਜ਼ਖਮੀ

 ਮੁਬੰਈ ‘ਚ ਬੀਤੀ ਸ਼ਾਮ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਲ ਨਜ਼ਦੀਕ ਇੱਕ ਪੈਦਲ ਓਵਰ ਬ੍ਰਿਜ ਦੇ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ 31 ਜ਼ਖਮੀ ਹੋ ਗਏ ਹਨ।ਇਹ ਹਾਦਸਾ ਸ਼ਾਮ 7 ਵਜੇ ਵਾਪਰਿਆ।
ਕੌਮੀ ਆਫ਼ਤ ਪ੍ਰਬੰਧਨ ਫੋਰਸ ਨੇ ਮੌਕੇ ‘ਤੇ ਪਹੁੰਚ ਕੇ ਸਾਰੀ ਸਥਿਤੀ ਨੂੰ ਸੰਭਾਲਿਆ ਅਤੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ।
ਮਹਾਰਾਸ਼ਟਰ ਸਰਕਾਰ ਨੇ ਇਸ ਹਾਦਸੇ ਦੀ ਉੱਚ ਪੱਧਰੀ ਝਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਦੇਵੇਂਦਰ ਫੜਨਿਵਾਸ ਨੇ ਕਿਹਾ ਕਿ ਉਨ੍ਹਾਂ ਨੇ ਸ਼ਹਿਰੀ ਪ੍ਰਸ਼ਾਂਸਨ ਨੂੰ ਰਾਹਤ ਕਾਰਜ ਛੇਤੀ ਯਕੀਨੀ ਬਣਾਉਣ ਲਈ ਕਿਹਾ ਹੈ।
ਓਵਰ ਬ੍ਰਿਜ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪੁੱਲ 1980 ‘ਚ ਤਿਆਰ ਕੀਤਾ ਗਿਆ ਸੀ ਅਤੇ ਹੁਣ ਇਸ ਦੀ ਕੁੱਝ ਮਾਮੂਲੀ ਮੁਰੰਮਤ ਚੱਲ ਰਹੀ ਸੀ। ਮੁੱਖ ਮੰਤਰੀ ਨੇ ਇਸ ਹਾਦਸੇ ‘ਚ ਦੋਸ਼ੀ ਪਾਏ ਜਾਣ ਖ਼ਿਲਾਫ ਸਖਤ ਕਾਰਵਾਈ ਦੀ ਵੀ ਗੱਲ ਕਹੀ।
ਪੁਲਿਸ ਨੇ ਕਿਹਾ ਹੈ ਕਿ ਕੇਂਦਰੀ ਰੇਲਵੇ ਅਤੇ ਬ੍ਰਿਹਾਨਮੁਬੰਈ ਨਗਰ ਨਿਗਮ ਦੇ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।ਸੂਬਾ ਸਰਕਾਰ ਨੇ ਐਲਾਨ ਕੀਤਾ ਹੈ ਕਿ  ਇਸ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ 5 ਲੱਖ ਰੁਪਏ ਦਿੱਤੇ ਜਾਣਗੇ ਅਤੇ ਜ਼ਖਮੀ ਲੋਕਾਂ ਨੂੰ ਜ਼ਰੂਰੀ ਇਲਾਜ਼ ਤੋਂ ਇਲਾਵਾ 50 ਹਜ਼ਾਰ ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਪੀੜ੍ਹਤ ਪਰਿਵਾਰਾਂ ਦੇ ਨਾਲ ਹਨ ਅਤੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦੇ ਹਨ।
ਦੱਸਣਯੋਗ ਹੈ ਕਿ 8 ਮਹੀਨੇ ਪਹਿਲਾਂ ਵੀ ਉਪ ਨਗਰੀ ਅੰਧੇਰੀ ਵਿਖੇ ਇੱਕ ਪੁਲ ਢਹਿ ਗਿਆ ਸੀ ਜਿਸ ‘ਚ 5 ਲੋਕਾਂ ਦੀ ਮੌਤ ਹੋਈ ਸੀ।