ਲੋਕ ਸਭਾ ਚੋਣਾਂ 2019: ਬਾਕੀ ਪੜਾਵਾਂ ਲਈ ਚੋਣ ਪ੍ਰਚਾਰ ਸਿਖਰਾਂ ‘ਤੇ

ਲੋਕ ਸਭਾ ਚੋਣਾਂ ਦੇ ਬਾਕੀ ਰਹਿੰਦੇ ਪੜਾਵਾਂ ਲਈ ਚੋਣ ਪ੍ਰਚਾਰ ਪੂਰੇ ਜ਼ੋਰਾਂ ‘ਤੇ ਹੈ।ਵੱਖ-ਵੱਖ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਅਤੇ ਸਟਾਰ ਪ੍ਰਚਾਰਕਾਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।ਦੇਸ਼ ਭਰ ‘ਚ ਚੋਣ ਰੈਲੀਆਂ, ਰੋਡ ਸ਼ੋਅ, ਜਨਤਕ ਬੈਠਕਾਂ ਆਦਿ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉੱਤਰੀ ਮਹਾਰਾਸ਼ਟਰ ‘ਚ ਨੰਦੁਰਬਾਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ‘ਚ ਮਜ਼ਬੂਤ ਸਰਕਾਰ ਦੇ ਗਠਨ ਲਈ ਵੋਟ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਮਜ਼ਬੂਤ ਸਰਕਾਰ ਦੀ ਰਹਿਨੁਮਾਈ ਹੇਠ ਹੀ ਨਿਰਣਾਇਕ ਫ਼ੈਸਲਿਆਂ ਨੂੰ ਅਮਲ ‘ਚ ਲਿਆਂਦਾ ਜਾ ਸਕਦਾ ਹੈ।
ਦੂਜੇ ਪਾਸੇ ਅਮੇਠੀ ਚੋਣ ਹਲਕੇ ਤੋਂ ਚੋਣ ਪ੍ਰਚਾਰ ਕਰਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਂਗਰਸ ਸਰਕਾਰ ਵੱਲੋਂ ਸ਼ੁਰੂ ਕੀਤੇ ਕਾਰਜਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸੱਤਾ ‘ਚ ਆਉਂਦੀ ਹੈ ਤਾਂ ਦੇਸ਼ ਦੀਆਂ 5 ਕਰੋੜ ਗਰੀਬ ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ 72 ਹਜ਼ਾਰ ਰੁਪਏ ਜਮ੍ਹਾਂ ਕਰਵਾਏ ਜਾਣਗੇ।