ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਲਾਏ ਮੁਸਲਮਾਨਾਂ ਪ੍ਰਤੀ ਵਿਤਕਰੇ ਦੇ ਦੋਸ਼ਾਂ ਨੂੰ ਭਾਰਤ ਨੇ ਕੀਤਾ ਰੱਦ

ਬੀਤੇ ਦਿਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਤੇ ਇਲਜ਼ਾਮ ਲਾਉਂਦਿਆਂ ਇਹ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਭਾਰਤ ਵਿੱਚ ਮੁਸਲਮਾਨਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਗੌਰਤਲਬ ਹੈ ਕਿ ਪਾਕਿਸਤਾਨ ਦੇ ਅਜਿਹੇ ਇਲਜ਼ਾਮਾਂ ਨੂੰ ਭਾਰਤ ਨੇ ਮੂਲੋਂ ਹੀ ਰੱਦ ਕਰ ਦਿੱਤਾ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਪਾਕਿਸਤਾਨੀ ਆਗੂਆਂ ਦੁਆਰਾ ਕੀਤੀਆਂ ਗਈਆਂ ਅਜਿਹੀਆਂ ਟਿੱਪਣੀਆਂ ਦੇਸ਼ ਦੇ ਅੰਦਰੂਨੀ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਹਨ।

ਕਾਬਿਲੇਗੌਰ ਹੈ ਕਿ ਇਕ ਟਵੀਟ ਰਾਹੀਂ ਇਮਰਾਨ ਖਾਨ ਨੇ ਭਾਰਤ ਸਰਕਾਰ ‘ਤੇ ਦੋਸ਼ ਲਾਇਆ ਸੀ ਕਿ ਉਹ ਜਾਣ-ਬੁੱਝ ਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਸੰਕਟ ਦੇ ਚੱਲਦਿਆਂ ਨਿਸ਼ਾਨਾ ਬਣਾ ਰਿਹਾ ਹੈ। ਇਸ ਦੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਨਾਲ ਲੜਨ ’ਤੇ ਧਿਆਨ ਕੇਂਦ੍ਰਿਤ ਕਰਨ ਦੀ ਬਜਾਏ ਉਹ ਆਪਣੇ ਗੁਆਂਢੀਆਂ ਖ਼ਿਲਾਫ਼ ਬੇਬੁਨਿਆਦ ਦੋਸ਼ ਲਾ ਰਹੇ ਹਨ।