ਪ੍ਰਧਾਨ ਮੰਤਰੀ ਮੋਦੀ ਨੇ ਕੋਵਿਡ-19 ਖਿਲਾਫ਼ ਲੜਾਈ ਵਿੱਚ ਰਵਾਂਡਾ ਨੂੰ ਭਾਰਤ ਦੇ ਸਮਰਥਨ ਦਾ ਦਿੱਤਾ ਭਰੋਸਾ

ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਾਂਡਾ ਦੇ ਰਾਸ਼ਟਰਪਤੀ ਪਾਲ ਕਾਗਮੇ ਨਾਲ ਟੈਲੀਫੋਨ ਤੇ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ 2018 ਵਿੱਚ ਰਵਾਂਡਾ ਦੀ ਆਪਣੀ ਫੇਰੀ ਤੋਂ ਬਾਅਦ ਦੁਵੱਲੇ ਸੰਬੰਧਾਂ ਵਿੱਚ ਹੋਈ ਤਰੱਕੀ ‘ਤੇ ਤਸੱਲੀ ਪ੍ਰਗਟਾਈ।

ਦੋਵਾਂ ਨੇਤਾਵਾਂ ਨੇ ਕੋਵਿਡ-19 ਮਹਾਮਾਰੀ ਦੇ ਚੱਲਦਿਆਂ ਸਿਹਤ ਸੰਭਾਲ ਪ੍ਰਣਾਲੀਆਂ ਅਤੇ ਆਰਥਿਕਤਾ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸੰਕਟ ਨਾਲ ਨਿਪਟਣ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪੋ-ਆਪਣੇ ਦੇਸਾਂ ਵਿੱਚ ਚੁੱਕੇ ਕਦਮਾਂ ਬਾਰੇ ਜਾਣਕਾਰੀ ਸਾਂਝਾ ਕੀਤੀ।

ਪ੍ਰਧਾਨ ਮੰਤਰੀ ਨੇ ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਰਵਾਂਡਾ ਨੂੰ ਡਾਕਟਰੀ ਸਹਾਇਤਾ ਸਮੇਤ ਹਰ ਸੰਭਵ ਸਹਾਇਤਾ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਇਸ ਚੁਣੌਤੀ ਦਾ ਮੁਕਾਬਲਾ ਕਰਨ ਲਈ ਰਵਾਂਡਾ ਦੇ ਲੋਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਰਵਾਂਡਾ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।